Saturday, May 23, 2020

ਦੁਕਾਨਾਂ ਅਤੇ ਬਾਜ਼ਾਰ ਐਤਵਾਰ ਵੀ ਖੁੱਲ੍ਹ ਸਕਣਗੇ-ਜ਼ਿਲ੍ਹਾ ਮੈਜਿਸਟ੍ਰੇਟ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਲੁਧਿਆਣਾ
ਲੁਧਿਆਣਾ, 23 ਮਈ -ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਪੱਸ਼ਟ ਕੀਤਾ ਹੈ ਕਿ ਕਿਉਂਕਿ ਪੰਜਾਬ ਸਰਕਾਰ ਦੇ ਆਦੇਸ਼ 'ਤੇ ਜ਼ਿਲ੍ਹਾ ਲੁਧਿਆਣਾ ਵਿੱਚੋਂ ਦਿਨ ਵੇਲੇ ਕਰਫਿਊ/ਲੌਕਡਾਊਨ ਆਦਿ ਖ਼ਤਮ ਕਰ ਦਿੱਤਾ ਗਿਆ ਹੈ ਤਾਂ ਹੁਣ ਇਸ ਸਮੇਂ (ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ) ਦੌਰਾਨ ਦੁਕਾਨਾਂ ਅਤੇ ਆਪਣੇ ਕਾਰੋਬਾਰ ਆਦਿ ਖੋਲ੍ਹਣ 'ਤੇ ਪ੍ਰਸਾਸ਼ਨ ਨੂੰ ਕੋਈ ਇਤਰਾਜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਦੁਕਾਨਾਂ ਅਤੇ ਅਦਾਰੇ ਆਦਿ ਐਤਵਾਰ ਨੂੰ ਵੀ ਖੁੱਲ੍ਹ ਸਕਦੇ ਹਨ। ਜਿਸ 'ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੋਈ ਰੋਕ ਨਹੀਂ ਹੈ। ਮਾਲ ਅਤੇ ਸ਼ਾਪਿੰਗ ਕੰਪਲੈਕਸ ਆਦਿ ਨਹੀਂ ਖੁੱਲ੍ਹ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਿਤੀ 17 ਮਈ, 2020 ਨੂੰ ਜਾਰੀ ਹੁਕਮਾਂ ਤਹਿਤ ਸਾਰੀਆਂ ਦੁਕਾਨਾਂ ਅਤੇ ਕਾਰੋਬਾਰ ਆਦਿ ਖੁੱਲ੍ਹ ਸਕਦੇ ਹਨ, ਪਰ ਇਸ ਦੌਰਾਨ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਨਿਰਧਾਰਤ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ। ਸ੍ਰੀ ਅਗਰਵਾਲ ਨੇ ਸੋਸ਼ਲ ਮੀਡੀਆ 'ਤੇ ਉੱਡ ਰਹੀਆਂ ਉਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਜਿਨ੍ਹਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਐਤਵਾਰ ਨੂੰ ਦੁਕਾਨਾਂ ਅਤੇ ਬਾਜ਼ਾਰ ਆਦਿ ਨਹੀਂ ਖੁੱਲ੍ਹ ਸਕਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਵਿਸ਼ਵਾਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਰਫਿਊ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹੇਗਾ।