Friday, October 16, 2020

ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ, ਵਾਧੂ ਆਮਦਨ ਲਈ ਜਾ ਸਕਦਾ ਹੈ ਵੇਚਿਆ - ਡਿਪਟੀ ਕਮਿਸ਼ਨਰ -ਖੰਨਾ ਵਿਖੇ ਪਰਾਲੀ ਤੋਂ ਬਿਜਲੀ ਬਣਾਉਣ ਵਾਲੇ ਪਲਾਂਟ ਦਾ ਵੀ ਕੀਤਾ ਦੌਰਾ




ਲੁਧਿਆਣਾ, 15 ਅਕਤੂਬਰ (ਪ੍ਰੇਸ ਨੋਟ ਲੋਕ ਸੰਪਰਕ)

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਇਸ ਨੂੰ ਬਿਜਲੀ ਬਣਾਉਣ ਵਾਲੀਆਂ ਕੰਪਨੀਆਂ ਨੂੰ ਵੇਚਿਆ ਜਾਵੇ। ਡਿਪਟੀ ਕਮਿਸ਼ਨਰ ਵੱਲੋ ਅਮਲੋਹ ਰੋਡ 'ਤੇ ਸਥਿਤ ਸ਼੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਨਾਮ ਦੇ ਅਜਿਹੇ ਇੱਕ ਪਲਾਂਟ ਦਾ ਦੌਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਖੰਨਾ ਸ੍ਰੀ ਸੰਦੀਪ ਸਿੰਘ ਗੜ੍ਹਾ ਵੀ ਸ਼ਾਮਲ ਸਨ।

ਸ੍ਰੀ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਅਸੀਂ ਸਾਰੇ ਜਾਣਦੇ ਹਾਂ ਕਿ ਝੋਨੇ ਦੀ ਪਰਾਲੀ ਨੂੰ ਸਾੜਨਾ ਨਾ ਸਿਰਫ ਸਾਡੇ ਵਾਤਾਵਰਣ ਲਈ ਬਹੁਤ ਨੁਕਸਾਨਦੇਹ ਹੈ, ਬਲਕਿ ਕਈ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਕੋਲ ਕਈ ਤਰੀਕੇ ਹਨ।
ਉਨ੍ਹਾਂ ਦੱਸਿਆ ਕਿ ਸ਼੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਲੁਧਿਆਣਾ ਅਤੇ ਫਤਿਹਗੜ ਸਾਹਿਬ ਜ਼ਿਲ੍ਹਿਆਂ ਵਿੱਚ ਲਗਭਗ 35000 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਇਕੱਠੀ ਕਰ ਰਿਹਾ ਹੈ ਅਤੇ ਇਸ ਤੋਂ ਬਿਜਲੀ ਪੈਦਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵੇਚਣ ਦੀ ਚੋਣ ਕਰਦੇ ਹਨ ਤਾਂ ਉਹ ਅਸਾਨੀ ਨਾਲ ਕਮਾਈ ਕਰ ਸਕਦੇ ਹਨ।
ਸ਼੍ਰੀ ਗਣੇਸ਼ ਐਡੀਬਲਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਸ੍ਰੀ ਹੰਸ ਰਾਜ ਗਰਗ ਨੇ ਦੱਸਿਆ ਕਿ ਉਹ ਲਗਭਗ 35000 ਏਕੜ ਰਕਬੇ ਵਿੱਚ ਝੋਨੇ ਦੀ ਪਰਾਲੀ ਇਕੱਠੀ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਝੋਨੇ ਦੀ ਪਰਾਲੀ ਨੂੰ ਇਕੱਠਾ ਕਰਨ ਲਈ ਪ੍ਰਤੀ ਏਕੜ ਤਕਰੀਬਨ 2500-3000 ਰੁਪਏ ਅਦਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਦੇ ਵੱਡੀ ਗਿਣਤੀ ਵਿੱਚ ਕਿਸਾਨ ਉਨ੍ਹਾਂ ਨਾਲ ਜੁੜੇ ਹੋਏ ਹਨ, ਜਿਨ੍ਹਾਂ ਤੋਂ ਉਹ ਝੋਨੇ ਦੀ ਪਰਾਲੀ ਇਕੱਠੀ ਕਰਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਵੇਚ ਕੇ ਕਿਸਾਨ ਨਾ ਸਿਰਫ ਕਮਾਈ ਕਰ ਸਕਦੇ ਹਨ ਬਲਕਿ ਸਾਡੇ ਵਾਤਾਵਰਣ ਨੂੰ ਬਚਾਉਣ ਵਿਚ ਵੀ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸਹਾਇਤਾ ਨਾਲ ਉਨ੍ਹਾਂ ਦੀ ਕੰਪਨੀ ਪ੍ਰਤੀ ਦਿਨ 60,000 ਯੂਨਿਟ ਪੈਦਾ ਕਰਦੀ ਹੈ, ਜਿਸ ਨੂੰ ਅੱਗੇ ਵਧਾਇਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਹੋਰਨਾਂ ਕਾਰਪੋਰੇਟ ਘਰਾਣਿਆਂ ਨੂੰ ਵੀ ਅੱਗੇ ਆ ਕੇ ਆਪਣੀ ਜਗ੍ਹਾ ਵਿੱਚ ਅਜਿਹੇ ਬਿਜਲੀ ਘਰ ਸਥਾਪਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਰਪੋਰੇਟ ਘਰਾਣੇ ਅਜਿਹੇ ਪਲਾਂਟ ਲਗਾਉਣ ਤਾਂ ਝੋਨੇ ਦੀ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਕੱਢਣ ਵਿਚ ਮਦਦ ਮਿਲ ਸਕਦੀ ਹੈ।