ਫ਼ਤਹਿਗੜ੍ਹ ਸਾਹਿਬ, 6 ਅਕਤੂਬਰ)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼੍ਰੋਮਣੀ ਕਮੇਟੀ ਨੇ ਪੰਜਾਬੀ ਭਾਸ਼ਾ ਦੇ ਵਰਤਮਾਨ ਤੇ ਭਵਿੱਖ ਦੀ ਚਿੰਤਾ ਕਰਦਿਆਂ ਗਲੋਬਲ ਪੱਧਰੀ ਚਰਚਾ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ 23 ਤੇ 24 ਅਕਤੂਬਰ ਨੂੰ 'ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ' ਕੀਤਾ ਜਾ ਰਿਹਾ ਹੈ | ਇਸ ਸੰਮੇਲਨ ਵਿਚ ਵਿਸ਼ਵੀਕਰਨ ਦੇ ਦੌਰ ਵਿਚ ਪੰਜਾਬੀ ਦੇ ਸਥਾਨ ਤੇ ਚਰਚਾ ਦੇ ਨਾਲ-ਨਾਲ ਪੰਜਾਬੀ ਗਲੋਬਲੀ ਪਾਸਾਰ ਅਤੇ ਦਰਪੇਸ਼ ਚਣੌਤੀਆਂ ਨੂੰ ਵੀ ਵਿਚਾਰ ਚਰਚਾ ਦਾ ਕੇਂਦਰ ਬਿੰਦੂ ਬਣਾਇਆ ਜਾਵੇਗਾ | ਇਸੇ ਸਬੰਧ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿਖੇ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ, ਡਾ: ਗੁਰਮੋਹਨ ਸਿੰਘ ਉਪਕੁਲਪਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੀ ਪ੍ਰਧਾਨਗੀ ਹੇਠ ਸਬ-ਕਮੇਟੀ ਦੇ ਨੁਮਾਇੰਦਿਆਂ ਦੀ ਇਕੱਤਰਤਾ ਹੋਈ | ਜਿਸ ਵਿੱਚ ਪਿ੍ੰਸੀਪਲ ਡਾ: ਐੱਸ.ਐੱਸ. ਲਾਂਬਾ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ, ਡਾ.ਜਤਿੰਦਰ ਸਿੰਘ ਸਿੱਧੂ ਪਿ੍ੰਸੀਪਲ ਮਾਤਾ ਗੁਜਰੀ ਕਾਲਜ, ਡਾ.ਧਰਮਿੰਦਰ ਸਿੰਘ ਉੱਭਾ ਡਾਇਰੈਕਟਰ, ਡਾਇਰੈਕਟੋਰੇਟ ਐਜੂਕੇਸ਼ਨ ਸ਼੍ਰੋਮਣੀ ਕਮੇਟੀ, ਡਾ.ਪਿ੍ਤਪਾਲ ਸਿੰਘ, ਡਾ.ਅਨੁਰਾਗ ਸਿੰਘ, ਡਾ.ਕਵਲਜੀਤ ਸਿੰਘ, ਡਾ.ਜਗਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਜਗਜੀਤ ਸਿੰਘ ਮੀਤ ਸਕੱਤਰ, ਮਨਪ੍ਰੀਤ ਸਿੰਘ ਐਕਸੀਅਨ, ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਗਵੰਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਆਦਿ ਸ਼ਾਮਲ ਸਨ | ਇਕੱਤਰਤਾ ਦੇ ਮਨੋਰਥ ਬਾਰੇ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਇਕੱਤਰਤਾ ਵਿੱਚ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਦੇ ਪ੍ਰਬੰਧਕੀ ਨੁਕਤੇ ਨਿਗਾਹ ਤੋਂ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ਬਦ ਵਿਚਾਰ ਕਰਨਗੇ | ਡਾ.ਗੁਰਨਾਮ ਸਿੰਘ ਮੁਖੀ ਅਤੇ ਡੀਨ ਸੰਗੀਤ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪਦਮ ਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਤੰਤੀ ਸਾਜਾਂ ਨਾਲ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਇੰਦਰ ਮੋਹਣ ਸਿੰਘ 'ਅਨਜਾਣ' ਇੰਚਾਰਜ ਗੁਰਦੁਆਰਾ ਗਜ਼ਟ, ਬਿਕਰਮਜੀਤ ਸਿੰਘ ਧਰਮ ਪ੍ਰਚਾਰ ਕਮੇਟੀ, ਜਤਿੰਦਰ ਸਿੰਘ ਸ਼੍ਰੋਮਣੀ ਕਮੇਟੀ ਆਦਿ ਹਾਜ਼ਰ ਸਨ |