ਖੰਨਾਂ, 16 ਮਈ
ਲੋਕ ਸਭਾ ਹਲਕਾ ਸ਼੍ਰੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਅੱਜ ਸਥਾਨਕ ਸ਼ਹਿਰ ਵਿੱਚ ਡੋਰ-ਟੂ-ਡੋਰ ਪ੍ਰੋਗਰਾਮਾਂ ਤਹਿਤ ਲੋਕਾਂ ਤੋਂ ਵੋਟਾਂ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਸ਼ਹਿਰ ਦੇ ਬੁੱਧੀਜੀਵੀ, ਵਪਾਰੀਆਂ, ਆਮ ਲੋਕਾਂ ਅਤੇ ਦੁਕਾਨਦਾਰਾਂ ਦੇ ਰੂਬਰੂ ਹੁੰਦਿਆਂ ਵਿਸ਼ਵਾਸ਼ ਦਿਵਾਇਆ ਕਿ ਕਾਂਗਰਸ ਸਰਕਾਰ ਆਉਣ ਉਤੇ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਸ਼ਹਿਰ ਵਾਸੀਆਂ ਨੇ ਆਪਣੀਆਂ ਸਮੱਸਿਆਵਾਂ ਵੀ ਡਾ. ਅਮਰ ਸਿੰਘ ਦੇ ਧਿਆਨ ਵਿੱਚ ਲਿਆਂਦਿਆਂ ਜਿੰਨਾਂ ਦਾ ਚੋਣਾਂ ਤੋਂ ਬਾਅਦ ਪੂਰਨ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਡਾ. ਅਮਰ ਸਿੰਘ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਇੱਕੋ ਇੱਕ ਕੀਮਤੀ ਵੋਟ ਕਾਂਗਰਸ ਪਾਰਟੀ ਨੂੰ ਪਾਕੇ ਸਫਲ ਕਰਨ ਤਾਂ ਜੋਂ ਇਸ ਇਲਾਕੇ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਆਪਣਾ ਐਮ.ਪੀ ਚੁਣਦੇ ਹਨ ਤਾਂ ਉਹ ਖੰਨਾਂ ਸ਼ਹਿਰ ਵਿੱਚ ਵਿਕਾਸ ਪੱਖੋ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਨੂੰ ਜ਼ਰੂਰ ਪੂਰਿਆ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਖੰਨਾਂ ਗੁਰਕੀਰਤ ਸਿੰਘ ਕੋਟਲੀ ਵੀ ਹਾਜ਼ਿਰ ਸਨ ਜਿੰਨਾਂ ਨੇ ਲੋਕਾਂ ਨੂੰ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਉਤੇ ਜ਼ੋਰ ਦਿੱਤਾ। ਵਿਧਾਇਕ ਕੋਟਲੀ ਨੇ ਡਾ. ਅਮਰ ਸਿੰਘ ਦੇ ਸੰਘਰਸ਼ਮਈ ਜੀਵਨ ਉਤੇ ਚਾਨਣਾ ਪਾਉਂਦਿਆਂ ਲੋਕਾਂ ਦੇ ਹੱਕਾਂ ਲਈ ਲੜਨ ਵਾਲਾ ਇਨਸਾਨ ਗਰਦਾਨਿਆਂ। ਉਨ੍ਹਾਂ ਕਿਹਾ ਕਿ ਹਲਕਾ ਖੰਨਾਂ ਵਿੱਚੋਂ ਡਾ. ਅਮਰ ਸਿੰਘ ਨੂੰ ਵੱਡੀ ਲੀਡ ਨਾਲ ਜਿਤਾਕੇ ਮੈਂਬਰ ਪਾਰਲੀਮੈਂਟ ਬਣਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਬਲਾਕ ਪ੍ਰਧਾਨ, ਸੁਖਦੀਪ ਸਿੰਘ ਕਿਸ਼ਨਗੜ੍ਹ ਜ਼ਿਲ੍ਹਾ ਪ੍ਰਧਾਨ, ਵਿਕਾਸ ਮਹਿਤਾ ਨਗਰ ਕੋਂਸਲ ਪ੍ਰਧਾਨ, ਜਤਿੰਦਰ ਪਾਠਕ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਹਰਿੰਦਰ ਸਿੰਘ ਸੈਕਟਰੀ, ਰੁਪਿੰਦਰ ਸਿੰਘ ਰਾਜਾ ਗਿੱਲ, ਹਰਦੇਵ ਸਿੰਘ ਰੋਸਾ, ਗੁਰਦੀਪ ਸਿੰਘ ਰਸੂਲੜਾ, ਸਤਿਨਾਮ ਸਿੰਘ ਸੋਨੀ ਆਦਿ ਵੀ ਹਾਜ਼ਿਰ ਸਨ।