ਲੁਧਿਆਣਾ, 17 ਅਪ੍ਰੈਲ (ਪ੍ਰੈਸ ਨੋਟ ਲੋਕ ਸੰਪਰਕ ) ਮੌਸਮ ਦੀ
ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਾਰੀਆਂ ਖਰੀਦ ਏਜੰਸੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਬਾਰਿਸ਼ ਤੋਂ ਬਚਾਅ ਸਬੰਧੀ ਲੋੜੀਂਦੇ ਕਦਮ ਚੁੱਕਦਿਆਂ ਖਰੀਦ ਕੀਤੇ ਇੱਕ ਵੀ ਦਾਣੇ ਨੂੰ ਨੁਕਸਾਨ ਨਾ ਪਹੁੰਚੇ।
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਖਰਾਬ ਮੌਸਮ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਨਾਜ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ ਪਰ ਨਾਲ ਹੀ ਪੀਲੇ ਸੋਨੇ ਦੀ ਵੀ ਪੂਰੀ ਸੰਭਾਲ ਕੀਤੀ ਜਾਵੇੇਗੀ।
ਸ੍ਰੀ ਸ਼ਰਮਾ ਨੇ ਕਿਹਾ ਕਿ ਖਰੀਦ ਕੀਤੇ ਦਾਣਿਆਂ ਨੂੰ ਮੰਡੀਆਂ ਵਿਚ ਸੁਰੱਖਿਅਤ ਜਗ੍ਹਾ'ਤੇ ਰੱਖਣ ਲਈ ਠੋਸ ਯਤਨ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਇਸ ਨੂੰ ਕੋਈ ਨੁਕਸਾਨ ਨਾ ਪਹੁੰਚੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖਰੀਦ ਕਰਨ ਵਾਲੇ ਅਨਾਜ ਦੀ ਸਹੀ ਢੰਗ ਨਾਲ ਸੰਭਾਲ ਕਰਨਾ ਸਾਰੇ ਅਧਿਕਾਰੀਆਂ ਦਾ ਨਿਯਮਤ ਫਰਜ਼ ਹੈ ਕਿਉਂਕਿ ਇਹ ਹੁਣ ਇਕ ਰਾਸ਼ਟਰੀ ਖਜ਼ਾਨਾ ਬਣ ਗਿਆ ਹੈ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮੰਡੀਆਂ ਦਾ ਦੌਰਾ ਕਰਨਾ ਚਾਹੀਦਾ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਨਾਜ ਨੂੰ ਖਰਾਬ ਮੌਸਮ ਦੇ ਪ੍ਰਕੋਪ ਤੋਂ ਬਚਾਉਣ ਲਈ ਵਿਆਪਕ ਪ੍ਰਬੰਧ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਚੱਲ ਰਹੇ ਹਾੜ੍ਹੀ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 9 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ ਅਤੇ ਅੱਜ ਤੱਕ ਜ਼ਿਲ੍ਹੇ ਵਿੱਚ 2.5 ਲੱਖ ਮੀਟਰਕ ਟਨ ਪੀਲੇ ਸੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਸਮਾਜਿਕ ਦੂਰੀਆਂ ਦੇ ਨਿਯਮਾਂ ਨੂੰ ਕਾਇਮ ਰੱਖਦਿਆਂ ਕਣਕ ਦੀ ਖਰੀਦ ਲਈ ਜ਼ਿਲ੍ਹੇ ਭਰ ਦੀਆਂ 108 ਸਥਾਈ ਅਨਾਜ ਮੰਡੀਆਂ ਤੋਂ ਇਲਾਵਾ 124 ਹੋਰ ਖਰੀਦ ਕੇਂਦਰ ਸਥਾਪਤ ਕੀਤੇ ਗਏ ਹਨ।
ਉਨ੍ਹਾਂ ਖਰੀਦ ਏਜੰਸੀਆਂ ਨੂੰ ਕਿਹਾ ਕਿ ਉਹ ਬਾਰਿਸ਼ ਤੋਂ ਅਨਾਜ ਨੂੰ ਢੱਕਣ ਲਈ ਉਨ੍ਹਾਂ ਦੇ ਅਧਿਕਾਰ ਖੇਤਰ ਦੀ ਹਰ ਅਨਾਜ ਮੰਡੀ ਵਿੱਚ ਤਰਪਾਲਾਂ ਦੀ ਵਿਵਸਥਾ ਨੂੰ ਯਕੀਨੀ ਬਣਾਉਣ।
ਇਸ ਮੌਕੇ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਖੁਰਾਕ ਸਪਲਾਈ ਅਤੇ ਕੰਟਰੋਲਰ ਹਰਵੀਨ ਕੌਰ ਨੇ ਖੰਨਾ ਅਤੇ ਮਾਛੀਵਾੜਾ ਅਨਾਜ ਮੰਡੀਆਂ ਦਾ ਦੌਰਾ ਕੀਤਾ ਅਤੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ/ਆੜ੍ਹਤੀਆਂ ਨਾਲ ਮੀਟਿੰਗਾਂ ਵੀ ਕੀਤੀਆਂ।