Monday, April 12, 2021

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ



ਖੰਨਾ (ਲੁਧਿਆਣਾ), 12 ਅਪ੍ਰੈਲ (ਪ੍ਰੈਸ ਨੋਟ ਲੋਕ ਸੰਪਰਕ ਲੁਧਿਆਣਾ


) ਪੰਜਾਬ ਦੀਆਂ ਵੱਖ-ਵੱਖ ਅਨਾਜ਼ ਮੰਡੀਆਂ ਵਿੱਚ 1 ਲੱਖ 48 ਹਜ਼ਾਰ ਮੀਟਰਿਕ ਟਨ ਕਣਕ ਆਈ, ਜਿਸ ਵਿੱਚੋਂ 70 ਹਜ਼ਾਰ ਮੀਟਰਿਕ ਟਨ ਕਣਕ ਖਰੀਦ ਲਈ ਗਈ ਹੈ, ਬਾਕੀ ਰਹਿੰਦੀ ਕਣਕ ਵੀ ਜਲਦ ਖਰੀਦ ਲਈ ਜਾਵੇਗੀ।

ਇਹ ਪ੍ਰਗਟਾਵਾ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋ ਅੱਜ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਲ ਸਨ। ਇਸ ਤੋ ਪਹਿਲਾ ਉਨ੍ਹਾਂ ਮਾਰਕੀਟ ਕਮੇਟੀ ਖੰਨਾ ਦੇ ਮੀਟਿੰਗ ਹਾਲ ਵਿੱਚ ਖੰਨਾ ਦੇ ਆੜਤੀਆ ਐਸੋਸੀਏਸ਼ਨ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਖਰੀਦ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਨਿਰੰਤਰ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦ ਹੀ ਉਹਨਾਂ ਦੇ ਬੈਕ ਖਾਤਿਆਂ ਵਿੱਚ ਪੰਜਾਬ ਸਰਕਾਰ ਵੱਲੋਂ ਪਾ ਦਿੱਤੀ ਜਾਵੇਗੀ।
ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੇ ਖਰੀਦ ਸਬੰਧੀ ਸਾਫ਼ਟਵੇਅਰ ਵਿਚ ਸੋਧ ਕਰ ਦਿੱਤੀ ਹੈ ਤਾਂ ਜੋ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਜਾਰੀ ਕਰਨ ਦੀ ਪ੍ਰਕਿਰਿਆ ਵਿਚ ਆੜ੍ਹਤੀਆਂ ਦੀ ਸ਼ਮੂਲੀਅਤ ਸੋਧੇ ਰੂਪ ਵਿਚ ਹੀ ਸਹੀ, ਬਣੀ ਜ਼ਰੂਰ ਰਹੇਗੀ, ਜਦੋਂ ਕਿ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮੇਂ ਅਨੁਸਾਰ ਕਿਸਾਨਾਂ ਨੂੰ 48 ਘੰਟਿਆਂ ਵਿਚ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਅਦਾਇਗੀ ਮਿਲ ਜਾਵੇਗੀ। ਉਹਨਾਂ ਕਿਹਾ ਕਿ ਆੜ੍ਹਤੀਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਬਾਹਰ ਰੱਖਣ ਬਾਰੇ ਭਾਰਤ ਸਰਕਾਰ ਦੇ ਨਿਰਦੇਸ਼ਾਂ ਦੇ ਬਾਵਜੂਦ ਉਹ ਖਰੀਦ ਪ੍ਰਕਿਰਿਆ ਨਾਲ ਹਮੇਸ਼ਾ ਜੁੜੇ ਰਹਿਣਗੇ। ਉਨ੍ਹਾਂ ਆੜਤੀਆਂ ਨੂੰ ਕਿਹਾ, ਜਦੋਂ ਤੱਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ, ਤੁਸੀਂ ਵਿਵਸਥਾ ਦਾ ਹਿੱਸਾ ਬਣੇ ਰਹੋਗੇ ਅਤੇ ਤੁਹਾਡੀ ਭੂਮਿਕਾ ਹਮੇਸ਼ਾ ਕਾਇਮ ਰਹੇਗੀ। ਉਨ੍ਹਾਂ ਯਕੀਨ ਦਿਵਾਇਆ ਕਿ ਏ.ਪੀ.ਐਮ.ਸੀ ਐਕਟ ਤਹਿਤ ਆੜ੍ਹਤੀਆ ਕਮਿਸ਼ਨ ਅਤੇ ਹੋਰ ਲਾਗਤਾਂ ਜਾਰੀ ਰਹਿਣਗੀਆਂ।
ਮੰਤਰੀ ਨੇ ਕਿਹਾ ਕਿ ਕਣਕ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ, ਕੋਵਿਡ ਕਰਕੇ ਪੰਜਾਬ ਦੀਆਂ ਸਾਰੀਆ ਅਨਾਜ਼ ਮੰਡੀਆਂ ਵਿੱਚ ਪਾਸ ਸਿਸਟਮ ਚਲਾਇਆ ਗਿਆ ਹੈ, ਪੰਜਾਬ ਦੇ ਸਾਰੇ ਆੜਤੀਆਂ ਨੂੰ ਅਧਿਕਾਰ ਦੇ ਦਿੱਤੇ ਗਏ ਹਨ ਕਿ ਉਹ ਮਾਰਕੀਟ ਕਮੇਟੀ ਵਾਲਿਆ ਨਾਲ ਤਾਲਮੇਲ ਕਰਕੇ ਜਿੰਨੇ ਪਾਸ ਚਾਹੀਦੇ ਹਨ ਉਹ ਉਂਂਨ੍ਹਾਂ ਪਾਸ ਲੈ ਸਕਦੇ ਹਨ, ਉਹਨਾਂ ਕਿਹਾ ਕਿ ਕੋਵਿਡ ਦਾ ਅਸਰ ਪੇਂਡੂ ਏਰੀਏ ਵਿੱਚ ਜ਼ਿਆਦਾ ਹੋਣ ਕਰਕੇ ਅਨਾਜ਼ ਮੰਡੀਆ ਵਿੱਚ ਕੰਮ ਕਰਨ ਵਾਲੇ ਅਧਿਕਾਰੀਆਂ, ਕਰਮਚਾਰੀਆਂ, ਕਿਸਾਨਾਂ, ਟਰਾਂਸਪੋਟਰਜ਼ ਅਤੇ ਲੇਬਰ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋ ਸਾਰੇ ਫੈਸਲੇ ਲਏ ਗਏ ਹਨ। ਉਹਨਾਂ ਕਿਹਾ ਕਿ ਪਾਸ ਦੀ ਆਨਲਾਈਨ ਐਟਰੀ ਹੋਣ ਕਰਕੇ ਜੋ ਮੁਸ਼ਕਲਾਂ ਆੜਤੀਆਂ ਵੱਲੋਂ ਦੱਸੀਆ ਗਈ ਹਨ ਉਹਨਾਂ ਦੇ ਹੱਲ ਲਈ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦ ਹੱਲ ਕੀਤਾ ਜਾਵੇਗਾ।
ਹਲਕਾ ਖੰਨਾ ਦੇ ਵਿਧਾਇਕ ਸ੍ਰ. ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਵਿੱਚ ਪਿਛਲੇ 4 ਸਾਲਾਂ ਤੋਂ ਕਾਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਜਦੋਂ ਦੀ ਸਰਕਾਰ ਬਣੀ ਹੈ ਕਿਸਾਨ ਮੰਡੀਆਂ ਵਿੱਚ ਜਦ ਵੀ ਫਸਲ ਲੈ ਕੇ ਆਉਂਦੇ ਹਨ ਤਾਂ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਗਈ ਅਤੇ ਇਸ ਕਣਕ ਦੇ ਸੀਜ਼ਨ ਵਿੱਚ ਵੀ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਖੰਨੇ ਅਨਾਜ਼ ਮੰਡੀ ਵਿੱਚ ਬਹੁਤ ਸਾਰੇ ਫੜ ਨਵੇ ਬਣਾਏ ਗਏ ਹਨ, ਸੜਕਾਂ ਦਾ ਨਿਰਮਾਣ ਕੀਤਾ ਅਤੇ ਸੀਵਰੇਜ਼ ਪਾਇਆ ਗਿਆ ਹੈ।
ਆੜਤੀਆਂ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਸ੍ਰ. ਹਰਬੰਸ ਸਿੰਘ ਰੋਸ਼ਾ ਨੇ 131 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦ ਹੀ ਆੜਤੀਆਂ ਦੇ ਬੈਕ ਖਾਤਿਆਂ ਵਿੱਚ ਪਾਉਣ ਲਈ ਪੰਜਾਬ ਸਰਕਾਰ ਦੇ ਖੁਰਾਕ ਤੇ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਸ੍ਰੀ ਗੁਰਦੀਪ ਸਿੰਘ ਰਸੂਲੜਾ ਚੇਅਰਮੈਨ ਮਾਰਕੀਟ ਕਮੇਟੀ ਖੰਨਾ, ਵਾਈਸ ਚੇਅਰਮੈਨ ਸ੍ਰੀ ਵਰਿੰਦਰ ਕੁਮਾਰ, ਸ੍ਰ. ਰੁਪਿੰਦਰ ਸਿੰਘ ਗਿੱਲ, ਐਸ.ਡੀ.ਐਮ ਖੰਨਾ ਸ੍ਰੀ ਹਰਬੰਸ ਸਿੰਘ ਅਤੇ ਵੱਡੀ ਗਿਣਤੀ ਵਿੱਚ ਆੜਤੀਆ, ਕਿਸਾਨ, ਮਜ਼ਦੂਰ ਆਦਿ ਹਾਜ਼ਰ ਸਨ।